ਮਾਨਸਾ ਵਿੱਚ ਨੌਜਵਾਨ ਦੀ ਮੌਤ ਮਗਰੋਂ ਹੰਗਾਮਾ, ਦੇਹ ਲੈ ਕੇ ਜਾ ਰਹੇ ਪਰਿਵਾਰ ਨੂੰ ਪੁਲਿਸ ਨੇ ਰੋਕਿਆ, ਲੱਖਾ ਸਿਧਾਣਾ ਹਿਰਾਸਤ ਵਿੱਚ

ਤਸਵੀਰ ਸਰੋਤ, Kulvir Singh/BBC
- ਲੇਖਕ, ਕੁਲਵੀਰ ਸਿੰਘ
- ਰੋਲ, ਬੀਬੀਸੀ ਸਹਿਯੋਗੀ
- ਪ੍ਰਕਾਸ਼ਿਤ
- ਪੜ੍ਹਨ ਦਾ ਸਮਾਂ: 7 ਮਿੰਟ
(ਖ਼ਬਰ ਦੇ ਕੁਝ ਵੇਰਵੇ ਪਰੇਸ਼ਾਨ ਕਰ ਸਕਦੇ ਹਨ)
ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ 35 ਸਾਲਾ ਨੌਜਵਾਨ ਦਲਜੀਤ ਸਿੰਘ ਦੀ ਮੌਤ ਤੋਂ ਬਾਅਦ ਵਿਰੋਧ ਪ੍ਰਦਰਸ਼ਨ ਹੋਇਆ। ਮ੍ਰਿਤਕ ਦੇ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਦਲਜੀਤ ਸਿੰਘ ਦੀ ਮ੍ਰਿਤਕ ਨੌਜਵਾਨ ਦੀ ਦੇਹ ਸਰਸਾ-ਮਾਨਸਾ ਰੋਡ 'ਤੇ ਰੱਖ ਕੇ ਪ੍ਰਦਰਸ਼ਨ ਕੀਤਾ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ।
ਪਰਿਵਾਰ ਦਾ ਦਾਅਵਾ ਹੈ ਕਿ ਦਲਜੀਤ ਸਿੰਘ ਦੀ ਮੌਤ ਨਸ਼ੇ ਦੀ ਓਵਰਡੋਜ ਕਾਰਨ ਹੋਈ ਹੈ ਪਰ ਪੁਲਿਸ ਦਾ ਕਹਿਣਾ ਹੈ ਕੋਈ ਗੱਡੀ ਵਿੱਚ ਆ ਕੇ ਮ੍ਰਿਤਕ ਨੌਜਵਾਨ ਦੀ ਦੇਹ ਸੁੱਟ ਕੇ ਚਲਾ ਗਿਆ ਸੀ।

ਤਸਵੀਰ ਸਰੋਤ, Kulvir Singh/BBC
ਇਸ ਦੌਰਾਨ ਪਰਿਵਾਰ ਵੱਲੋਂ ਮ੍ਰਿਤਕ ਨੌਜਵਾਨ ਦੀ ਦੇਹ ਨੂੰ ਮਾਨਸਾ ਵਿੱਚ ਪਰਵਿੰਦਰ ਝੋਟੇ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਚੱਲ ਰਹੇ ਧਰਨੇ ਵਾਲੀ ਥਾਂ 'ਤੇ ਲੈ ਕੇ ਜਾਣ ਦੀ ਕੋਸ਼ਿਸ਼ ਵੀ ਕੀਤੀ ਗਈ। ਪੁਲਿਸ ਨੇ ਰਸਤੇ ਵਿੱਚ ਵੱਡੀ ਗਿਣਤੀ ਵਿੱਚ ਫੋਰਸ ਤੈਨਾਤ ਕੀਤੀ ਅਤੇ ਪ੍ਰਦਰਸ਼ਨ ਕਰ ਰਹੇ ਕੁਝ ਲੋਕਾਂ ਨੂੰ ਹਿਰਾਸਤ ਵਿੱਚ ਲਿਆ।
ਪੁਲਿਸ ਮੁਤਾਬਕ, ਮ੍ਰਿਤਕ ਨੌਜਵਾਨ ਦੀ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਜ਼ਿਲ੍ਹੇ ਤੋਂ ਬਾਹਰ ਭੇਜ ਦਿੱਤਾ ਗਿਆ ਹੈ।
ਇਸ ਮਾਮਲੇ ਵਿੱਚ ਐੱਸਐੱਸਪੀ ਵੈਭਵ ਚੌਧਰੀ ਨੇ ਕਿਹਾ ਕਿ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਲੱਖਾ ਸਿਧਾਣਾ ਨੂੰ ਵੀ ਹਿਰਾਸਤ ਵਿੱਚ ਲੈਣ ਦੀ ਗੱਲ ਕਹੀ।
ਕੀ ਹੈ ਪੂਰਾ ਮਾਮਲਾ?

ਤਸਵੀਰ ਸਰੋਤ, Kulvir Singh/BBC
ਇਹ ਮਾਮਲਾ ਮਾਨਸਾ ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ 35 ਸਾਲਾ ਦਲਜੀਤ ਸਿੰਘ ਦੀ ਮੌਤ ਨਾਲ ਸਬੰਧਤ ਹੈ। ਮ੍ਰਿਤਕ ਦੇ ਪਰਿਵਾਰ ਦਾ ਦਾਅਵਾ ਹੈ ਕਿ ਦਲਜੀਤ ਸਿੰਘ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ।
ਪਰਿਵਾਰਕ ਮੈਂਬਰਾਂ ਮੁਤਾਬਕ, ਦਲਜੀਤ ਸਿੰਘ ਵਿਆਹਿਆ ਹੋਇਆ ਸੀ ਅਤੇ ਉਸ ਦੇ ਦੋ ਬੱਚੇ ਹਨ।
ਉਹ ਪਰਿਵਾਰ ਵਿੱਚ ਇਕੱਲਾ ਕਮਾਉਣ ਵਾਲਾ ਸੀ। ਪਰਿਵਾਰ ਨੇ ਦੱਸਿਆ ਕਿ ਦਲਜੀਤ ਸਿੰਘ ਨਸ਼ੇ ਦਾ ਆਦੀ ਹੋ ਗਿਆ ਸੀ ਅਤੇ ਘਟਨਾ ਵਾਲੇ ਦਿਨ ਸਵੇਰੇ ਮਾਨਸਾ ਗਿਆ ਸੀ, ਜਿੱਥੋਂ ਉਸ ਨੇ ਨਸ਼ਾ ਖਰੀਦਿਆ ਸੀ।
ਦਲਜੀਤ ਦੀ ਮਾਂ ਸ਼ਿੰਦਰ ਕੌਰ ਦਾ ਕਹਿਣਾ ਹੈ, "ਮੇਰਾ ਪੁੱਤ ਘਰੋਂ ਕੁੜੀ ਨੂੰ ਛੱਡਣ ਗਿਆ ਸੀ। ਇਸ ਤੋਂ ਬਾਅਦ ਉਹ ਮਾਨਸਾ ਚਲਾ ਗਿਆ ਅਤੇ ਆਪਣੇ ਪਿਤਾ ਨੂੰ ਦੱਸ ਕੇ ਗਿਆ ਸੀ ਕਿ ਉਹ ਮਾਨਸਾ ਜਾ ਰਿਹਾ ਹੈ।"
"ਜਦੋਂ ਉਹ ਵਾਪਸ ਨਹੀਂ ਆਇਆ ਤਾਂ ਅਸੀਂ ਉਸ ਨੂੰ ਫ਼ੋਨ ਕੀਤਾ, ਪਰ ਉਸ ਦਾ ਫ਼ੋਨ ਬੰਦ ਆ ਰਿਹਾ ਸੀ। ਬਾਅਦ ਵਿੱਚ ਸਾਨੂੰ ਪਤਾ ਲੱਗਾ ਕਿ ਉਸ ਦੀ ਲਾਸ਼ ਨਾਵਾਂਨੰਦੀ ਵਾਲੀ ਸੜਕ 'ਤੇ ਖੇਤਾਂ ਵਿੱਚ ਮਿਲੀ ਹੈ।"
ਉਨ੍ਹਾਂ ਨੇ ਅੱਗੇ ਕਿਹਾ, "ਉਹ ਪਹਿਲਾਂ ਨਸ਼ਾ ਕਰਦਾ ਸੀ, ਪਰ ਪਿਛਲੇ ਕਈ ਦਿਨਾਂ ਤੋਂ ਉਸ ਨੇ ਨਸ਼ਾ ਨਹੀਂ ਕੀਤਾ ਸੀ। ਸਾਡੀ ਮੰਗ ਹੈ ਕਿ ਜਿਹੜੇ ਲੋਕ ਉਸ ਨੂੰ ਉੱਥੇ ਛੱਡ ਕੇ ਗਏ ਹਨ, ਉਨ੍ਹਾਂ ਦੀ ਪਛਾਣ ਕਰਕੇ ਸਾਡੇ ਨਾਲ ਇਨਸਾਫ਼ ਕੀਤਾ ਜਾਵੇ।"

ਤਸਵੀਰ ਸਰੋਤ, Kulvir Singh/BBC
ਦਲਜੀਤ ਦੀ ਪਤਨੀ ਦਾ ਪਰਮਜੀਤ ਕੌਰ ਦਾ ਇਲਜ਼ਾਮ ਲਾਇਆ ਕਿ ਇਲਾਕੇ ਵਿੱਚ ਨਸ਼ਾ ਸ਼ਰੇਆਮ ਵਿਕ ਰਿਹਾ ਹੈ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।
ਪਰਮਜੀਤ ਨੇ ਦੱਸਿਆ, "ਮੇਰੇ ਪਤੀ ਦਲਜੀਤ ਸਿੰਘ ਪਹਿਲਾਂ ਕਾਫ਼ੀ ਸਮੇਂ ਤੋਂ ਨਸ਼ਾ ਕਰਦੇ ਸਨ, ਪਰ ਪਿਛਲੇ 20-22 ਦਿਨਾਂ ਤੋਂ ਉਨ੍ਹਾਂ ਨੇ ਨਸ਼ਾ ਛੱਡਿਆ ਹੋਇਆ ਸੀ। ਅੱਜ ਤੜਕੇ ਉਹ ਘਰੋਂ ਗਏ ਸਨ। ਸਵੇਰੇ ਮੈਂ ਉਨ੍ਹਾਂ ਨੂੰ ਕਈ ਵਾਰ ਫ਼ੋਨ ਕੀਤਾ।"
"ਸਵੇਰੇ 9 ਵੱਜ ਕੇ 55 ਮਿੰਟ ਤੱਕ ਉਨ੍ਹਾਂ ਨੇ ਫ਼ੋਨ ਚੁੱਕਿਆ ਅਤੇ ਮੇਰੇ ਨਾਲ ਗੱਲ ਕੀਤੀ, ਪਰ ਇਸ ਤੋਂ ਬਾਅਦ ਉਨ੍ਹਾਂ ਦਾ ਫ਼ੋਨ ਨਹੀਂ ਚੁੱਕਿਆ ਗਿਆ। ਸਾਨੂੰ ਸ਼ੱਕ ਹੈ ਕਿ ਕੋਈ ਉਨ੍ਹਾਂ ਨੂੰ ਗੱਡੀ ਵਿੱਚ ਲਿਆ ਕੇ ਉੱਥੇ ਸੁੱਟ ਗਿਆ।"
"ਅਸੀਂ ਜਾਣਨਾ ਚਾਹੁੰਦੇ ਹਾਂ ਕਿ ਉਨ੍ਹਾਂ ਨੂੰ ਨਸ਼ਾ ਕਿਸ ਨੇ ਦਿੱਤਾ ਅਤੇ ਉਨ੍ਹਾਂ ਨਾਲ ਕੀ ਹੋਇਆ। ਸਾਡਾ ਮੋਟਰਸਾਈਕਲ ਵੀ ਉੱਥੇ ਹੈ। ਸਾਨੂੰ ਸਿਰਫ਼ ਇਨਸਾਫ਼ ਚਾਹੀਦਾ ਹੈ। ਜਿਨ੍ਹਾਂ ਲੋਕਾਂ ਕੋਲ ਮੇਰੇ ਪਤੀ ਗਏ ਸਨ ਅਤੇ ਜਿਹੜੇ ਉਨ੍ਹਾਂ ਨੂੰ ਉੱਥੇ ਛੱਡ ਕੇ ਗਏ, ਉਨ੍ਹਾਂ ਦੀ ਪਛਾਣ ਕਰਕੇ ਕਾਨੂੰਨ ਅਨੁਸਾਰ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਜਦੋਂ ਤੱਕ ਸਾਨੂੰ ਇਨਸਾਫ਼ ਨਹੀਂ ਮਿਲਦਾ, ਅਸੀਂ ਇੱਥੋਂ ਨਹੀਂ ਹਟਾਂਗੇ।"
ਹਾਲਾਂਕਿ, ਨੌਜਵਾਨ ਦੀ ਮੌਤ ਦਾ ਅਸਲ ਕਾਰਨ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਸਪੱਸ਼ਟ ਹੋਵੇਗਾ।

ਤਸਵੀਰ ਸਰੋਤ, Kulvir Singh/BBC
ਪੁਲਿਸ ਦਾ ਕੀ ਕਹਿਣਾ ਹੈ?
ਮਾਨਸਾ ਦੇ ਐੱਸਐੱਸਪੀ ਵੈਭਵ ਚੌਧਰੀ ਨੇ ਕਿਹਾ ਕਿ ਦਲਜੀਤ ਸਿੰਘ ਦੀ ਮੌਤ ਨੂੰ ਨਸ਼ੇ ਦੀ ਓਵਰਡੋਜ਼ ਨਾਲ ਜੋੜ ਕੇ ਦੇਖਿਆ ਜਾ ਰਿਹਾ ਸੀ, ਪਰ ਪੁਲਿਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਕੁਝ ਲੋਕ ਗੱਡੀ ਵਿੱਚ ਮ੍ਰਿਤਕ ਨੌਜਵਾਨ ਦੀ ਦੇਹ ਲਿਆ ਕੇ ਉੱਥੇ ਛੱਡ ਗਏ ਸਨ।
ਉਨ੍ਹਾਂ ਕਿਹਾ, "ਅਸੀਂ ਵੱਖ-ਵੱਖ ਟੀਮਾਂ ਬਣਾ ਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕੀਤੀ ਅਤੇ ਤਿੰਨ ਮੁੱਖ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਇਸ ਮਾਮਲੇ ਵਿੱਚ ਕਤਲ ਦੇ ਦੋਸ਼ ਹੇਠ ਧਾਰਾ 302 ਤਹਿਤ ਕੇਸ ਦਰਜ ਕੀਤਾ ਜਾ ਰਿਹਾ ਹੈ।
"ਕੁਝ ਲੋਕਾਂ ਨੇ ਪਰਿਵਾਰ ਦੇ ਨਾਲ ਆ ਕੇ ਸ਼ਹਿਰ ਵੱਲ ਜਾਣ ਅਤੇ ਕਾਨੂੰਨ ਵਿਵਸਥਾ ਭੰਗ ਕਰਨ ਦੀ ਕੋਸ਼ਿਸ਼ ਕੀਤੀ। ਅਸੀਂ ਹਲਕਾ ਬਲ ਵਰਤ ਕੇ ਉਨ੍ਹਾਂ ਨੂੰ ਕਾਬੂ ਕੀਤਾ ਅਤੇ ਸਥਿਤੀ ਨੂੰ ਸੰਭਾਲਿਆ। ਇਸ ਦੌਰਾਨ ਇੱਕ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋਇਆ ਹੈ।"
"ਇਸ ਸਬੰਧੀ ਧਾਰਾ 307 ਤਹਿਤ ਕਤਲ ਦੀ ਕੋਸ਼ਿਸ਼ ਦਾ ਕੇਸ ਦਰਜ ਕੀਤਾ ਜਾ ਰਿਹਾ ਹੈ। ਘਟਨਾ ਦੀ ਵੀਡੀਓਗ੍ਰਾਫੀ ਹੋਈ ਹੈ ਅਤੇ ਜਾਂਚ ਦੌਰਾਨ ਜਿਨ੍ਹਾਂ ਲੋਕਾਂ ਦੇ ਨਾਂ ਸਾਹਮਣੇ ਆਉਣਗੇ, ਉਨ੍ਹਾਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ।
ਐੱਸਐੱਸਪੀ ਨੇ ਕਿਹਾ, "ਲੱਖਾ ਸਿਧਾਣਾ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ। ਉਨ੍ਹਾਂ ਨੇ ਉੱਥੇ ਜਾ ਕੇ ਕਾਨੂੰਨ ਵਿਵਸਥਾ ਭੰਗ ਕਰਨ ਦੀ ਕੋਸ਼ਿਸ਼ ਕੀਤੀ ਸੀ। ਮੈਂ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਸ਼ਾਂਤਮਈ ਧਰਨਾ ਦੇਣਾ ਲੋਕਾਂ ਦਾ ਜਮਹੂਰੀ ਹੱਕ ਹੈ।"
"ਲਾਸ਼ ਨੂੰ ਪੋਸਟਮਾਰਟਮ ਲਈ ਮਾਨਸਾ ਜ਼ਿਲ੍ਹੇ ਤੋਂ ਬਾਹਰ ਭੇਜਿਆ ਗਿਆ ਹੈ। ਇਸ ਦੀ ਸਹੀ ਥਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਪੁਲਿਸ ਵੱਲੋਂ ਅੰਤਿਮ ਸਸਕਾਰ ਨਹੀਂ ਕੀਤਾ ਜਾਵੇਗਾ, ਸਗੋਂ ਪਰਿਵਾਰ ਹੀ ਅੰਤਿਮ ਸਸਕਾਰ ਕਰੇਗਾ। ਇਸ ਸਬੰਧੀ ਪਰਿਵਾਰ ਨਾਲ ਮੇਰੀ ਮੀਟਿੰਗ ਹੋ ਚੁੱਕੀ ਹੈ ਅਤੇ ਉਨ੍ਹਾਂ ਨੂੰ ਸਾਰੀ ਗੱਲ ਸਮਝਾ ਦਿੱਤੀ ਗਈ ਹੈ।"

ਤਸਵੀਰ ਸਰੋਤ, Kulvir Singh/BBC
ਸਿਆਸੀ ਪਾਰਟੀਆਂ ਨੇ ਵੀ ਚੁੱਕਿਆ ਮੁੱਦਾ
ਦਲਜੀਤ ਸਿੰਘ ਦੀ ਮੌਤ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਵੀ ਇਹ ਮਾਮਲਾ ਉੱਠਿਆ ਹੈ। ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵੱਲੋਂ ਘਟਨਾ ਦੀ ਨਿਖੇਧੀ ਕੀਤੀ ਗਈ ਹੈ।
ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਰਵਨੀਤ ਬਿੱਟੂ ਨੇ ਸੋਸ਼ਲ ਮੀਡੀਆ ਰਾਹੀਂ ਇਸ ਮਾਮਲੇ ਨੂੰ ਚੁੱਕਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੇ ਐਕਸ ਹੈਂਡਲ 'ਤੇ ਲਿਖਿਆ, "ਕਿਸੇ ਨੇ ਕਲਪਨਾ ਵੀ ਨਹੀਂ ਕੀਤੀ ਹੋਵੇਗੀ ਕਿ ਪੰਜਾਬ ਵਿੱਚ ਅਜਿਹੇ ਦ੍ਰਿਸ਼ ਦੇਖਣ ਨੂੰ ਮਿਲਣਗੇ। ਪੰਜਾਬ ਦੀਆਂ ਸੜਕਾਂ 'ਤੇ ਇਹ ਸਭ ਕੀ ਹੋ ਰਿਹਾ ਹੈ?"
"ਆਮ ਆਦਮੀ ਪਾਰਟੀ ਦੀ ਪੰਜਾਬ ਪੁਲਿਸ ਨੇ ਅੱਜ ਸਾਡੀ ਦਸਤਾਰ ਅਤੇ ਕਕਾਰਾਂ ਦੀ ਬੇਅਦਬੀ ਕਰਕੇ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਇੱਕ ਗੁਰਸਿੱਖ ਦੀ ਦਸਤਾਰ ਲਾਹੁਣਾ ਅਤੇ ਉਸ ਨੂੰ ਵਾਲਾਂ ਤੋਂ ਫੜ ਕੇ ਸੜਕ 'ਤੇ ਘੜੀਸਣਾ ਉਸ ਦਾ ਸਭ ਤੋਂ ਵੱਡਾ ਅਪਮਾਨ ਅਤੇ ਤਸ਼ੱਦਦ ਹੈ। ਇਹ ਅਜਿਹਾ ਪਾਪ ਹੈ, ਜਿਸ ਦੀ ਭਰਪਾਈ ਕਦੇ ਨਹੀਂ ਹੋ ਸਕਦੀ।"

ਤਸਵੀਰ ਸਰੋਤ, Kulvir Singh/BBC
ਭਾਜਪਾ ਦੇ ਆਗੂ ਰਵਨੀਤ ਸਿੰਘ ਬਿੱਟੂ ਨੇ ਇਸ ਬਾਰੇ ਆਪਣੀ ਪ੍ਰਤੀਕਿਰਿਆ ਵਿੱਚ ਕਿਹਾ, "ਭਗਵੰਤ ਮਾਨ ਅਤੇ ਉਨ੍ਹਾਂ ਦੇ ਸਾਥੀਆਂ ਨੇ ਪੰਜਾਬ ਦਾ ਕੀ ਹਾਲ ਬਣਾ ਦਿੱਤਾ ਹੈ! ਮਾਨਸਾ ਵਿੱਚ ਪੁਲਿਸ ਲਾਸ਼ਾਂ ਖੋਹ ਰਹੀ ਹੈ, ਸਿੱਖਾਂ ਦੀਆਂ ਦਸਤਾਰਾਂ ਜ਼ਬਰਦਸਤੀ ਲਾਹੀਆਂ ਜਾ ਰਹੀਆਂ ਹਨ ਅਤੇ ਔਰਤਾਂ ਨਾਲ ਕੁੱਟਮਾਰ ਕਰਕੇ ਉਨ੍ਹਾਂ ਨੂੰ ਧੱਕੇ ਮਾਰੇ ਜਾ ਰਹੇ ਹਨ।"
"ਇਹ ਸਭ ਸਿਰਫ਼ ਇੱਕ ਲਾਸ਼ 'ਤੇ ਕਬਜ਼ਾ ਕਰਨ ਲਈ ਕੀਤਾ ਜਾ ਰਿਹਾ ਹੈ। ਪੰਜਾਬ ਵਿੱਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੋ ਰਹੀ ਹੈ ਅਤੇ ਹਰ ਪਾਸੇ ਹਫੜਾ-ਦਫੜੀ ਦਾ ਮਾਹੌਲ ਹੈ। ਹਾਲਾਤ ਕਾਬੂ ਤੋਂ ਬਾਹਰ ਹੋ ਗਏ ਹਨ। ਇਸ ਦਾ ਇੱਕੋ-ਇੱਕ ਹੱਲ ਪੰਜਾਬ ਵਿੱਚ ਰਾਸ਼ਟਰਪਤੀ ਰਾਜ ਲਾਗੂ ਕਰਨਾ ਹੈ। ਮੈਂ ਰਾਜਪਾਲ ਸਾਹਿਬ ਨੂੰ ਅਪੀਲ ਕਰਦਾ ਹਾਂ ਕਿ ਪੰਜਾਬ ਨੂੰ ਬਚਾਇਆ ਜਾਵੇ।"
ਉਧਰ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਵੀ ਇਸ ਮਾਮਲੇ 'ਤੇ ਆਪਣੀ ਤਿੱਖੀ ਪ੍ਰਤੀਕਿਰਿਆ ਸਾਂਝੀ ਕੀਤੀ ਹੈ। ਉਨ੍ਹਾਂ ਨੇ ਐਕਸ 'ਤੇ ਲਿਖਿਆ, "ਭਗਵੰਤ ਮਾਨ ਦਾ 'ਪੁਲਿਸ ਰਾਜ'! ਪਰਮਿੰਦਰ ਸਿੰਘ ਝੋਟਾ ਲਈ ਇਨਸਾਫ਼ ਦੀ ਮੰਗ ਨੂੰ ਲੈ ਕੇ ਮਾਨਸਾ ਵਿੱਚ ਪਿਛਲੇ 15 ਦਿਨਾਂ ਤੋਂ ਧਰਨਾ ਜਾਰੀ ਹੈ। ਅੱਜ ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਇੱਕ ਹੋਰ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ।"
"ਇਨਸਾਫ਼ ਦੀ ਮੰਗ ਕਰਦਿਆਂ ਮ੍ਰਿਤਕ ਦੀ ਲਾਸ਼ ਲੈ ਕੇ ਮਾਨਸਾ ਧਰਨੇ ਵਿੱਚ ਪਹੁੰਚ ਰਹੇ ਪਿੰਡ ਵਾਸੀਆਂ ਨੂੰ ਪੁਲਿਸ ਨੇ ਰਾਹ ਵਿੱਚ ਹੀ ਰੋਕ ਲਿਆ। ਪ੍ਰਦਰਸ਼ਨਕਾਰੀਆਂ 'ਤੇ ਲਾਠੀਚਾਰਜ ਕੀਤਾ ਗਿਆ, ਉਨ੍ਹਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਅਤੇ ਪਰਿਵਾਰ ਤੋਂ ਮ੍ਰਿਤਕ ਦੀ ਲਾਸ਼ ਜ਼ਬਰਦਸਤੀ ਖੋਹ ਲਈ ਗਈ।"
"ਸਵੇਰੇ-ਸਵੇਰੇ ਪੰਜਾਬ ਦੀਆਂ ਸੜਕਾਂ 'ਤੇ ਪੁਲਿਸ ਦੀ ਇਹ ਬੇਰਹਿਮੀ ਅਤੇ ਨੌਜਵਾਨਾਂ ਦੀਆਂ ਲਾਸ਼ਾਂ ਨਾਲ ਹੋ ਰਿਹਾ ਅਪਮਾਨ ਵਿਧਾਨ ਸਭਾ ਵਿੱਚ 'ਰੰਗਲਾ ਪੰਜਾਬ' ਦੇ ਦਾਅਵੇ ਕਰਨ ਵਾਲੇ 95 ਚੁੱਪ ਵਿਧਾਇਕਾਂ ਨੂੰ ਕਿਉਂ ਨਜ਼ਰ ਨਹੀਂ ਆਉਂਦਾ? ਸ਼ਰਮ ਕਰੋ! ਪੰਜਾਬ ਦੇ ਨੌਜਵਾਨਾਂ ਦੀਆਂ ਲਾਸ਼ਾਂ ਸੜਕਾਂ 'ਤੇ ਘੜੀਸੀਆਂ ਜਾ ਰਹੀਆਂ ਹਨ!"
ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ































